ਨਵੀਂ ਦਿੱਲੀ : Weather Update : ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਠੰਡ ਦੇ ਨਾਲ ਮੀਂਹ ਦਾ ਦੂਹਰਾ ਹਮਲਾ ਹੋਣ ਵਾਲਾ ਹੈ। ਐਤਵਾਰ ਨੂੰ ਰਾਜਸਥਾਨ, ਹਰਿਆਣਾ ਅਤੇ ਰਾਜਧਾਨੀ ਦਿੱਲੀ ਸਮੇਤ ਕਈ ਇਲਾਕਿਆਂ 'ਚ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਠੰਢ ਦਾ ਪ੍ਰਭਾਵ ਵਧਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਦਿਨਾਂ 'ਚ ਯੂਪੀ ਸਮੇਤ ਕਈ ਹੋਰ ਸੂਬਿਆਂ 'ਚ ਮੀਂਹ ਪਵੇਗਾ।
ਚਿਤਾਵਨੀ ਜਾਰੀ ਕਰਦੇ ਹੋਏ, ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ, ਯੂਪੀ ਅਤੇ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ 24 ਘੰਟਿਆਂ ਬਾਅਦ ਠੰਢ ਵਾਪਸ ਆਵੇਗੀ। ਘੱਟੋ-ਘੱਟ ਤਾਪਮਾਨ ਵਿੱਚ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ 29 ਅਤੇ 30 ਜਨਵਰੀ ਨੂੰ ਉੱਤਰਾਖੰਡ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਸਣੇ ਇਨ੍ਹਾਂ ਇਲਾਕਿਆਂ 'ਚ ਭਰਵੇਂ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ 30 ਜਨਵਰੀ ਨੂੰ ਪੱਛਮੀ ਹਿਮਾਲਿਆ ਖੇਤਰ 'ਚ ਭਾਰੀ ਮੀਂਹ ਪੈਣ ਵਾਲਾ ਹੈ। ਖ਼ਾਸ ਕਰਕੇ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 30 ਜਨਵਰੀ ਨੂੰ ਭਾਰੀ ਮੀਂਹ ਪਵੇਗਾ। ਇਸ ਤੋਂ ਇਲਾਵਾ ਇਨ੍ਹਾਂ ਰਾਜਾਂ ਵਿੱਚ ਦੋਵਾਂ ਦਿਨਾਂ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਧੁੰਦ ਦਾ ਪ੍ਰਭਾਵ
ਮੀਂਹ ਅਤੇ ਠੰਢ ਕਾਰਨ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲੇਗਾ। 30 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਸਵੇਰ ਅਤੇ ਸ਼ਾਮ ਦੇ ਸਮੇਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 30 ਜਨਵਰੀ ਨੂੰ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ 31 ਜਨਵਰੀ ਨੂੰ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਪ੍ਰਭਾਵ ਰਹੇਗਾ।
ਤਾਪਮਾਨ ਵਿੱਚ ਗਿਰਾਵਟ
ਮੌਸਮ ਵਿਭਾਗ ਮੁਤਾਬਕ ਦੋ-ਤਿੰਨ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਤੱਕ ਘੱਟ ਜਾਵੇਗਾ। ਇਸ ਦੇ ਨਾਲ ਹੀ ਪੂਰਬੀ ਭਾਰਤ ਦੇ ਰਾਜਾਂ ਵਿੱਚ ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਵਾਧਾ ਹੋਵੇਗਾ। ਮਹਾਰਾਸ਼ਟਰ, ਗੁਜਰਾਤ ਅਤੇ ਕੋਂਕਣ ਖੇਤਰ ਵਿੱਚ ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।