ਨਵੀਂ ਦਿੱਲੀ. ਪ੍ਰਧਾਨ ਮੰਤਰੀ ਸੁਰੱਖਿਆ 'ਚ ਕੁਤਾਹੀ ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ ਦੀ ਜਾਂਚ ਕਮੇਟੀ ਦੀ ਚੇਅਰਪਰਸਨ ਅਤੇ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਨੂੰ ਧਮਕੀਆਂ ਮਿਲੀਆਂ ਹਨ। ਇਹ ਧਮਕੀ ਉਨ੍ਹਾਂ ਨੂੰ ਸਿੱਖਸ ਫਾਰ ਜਸਟਿਸ (SFJ) ਨੇ ਦਿੱਤੀ ਹੈ। ਇਸ ਸੰਗਠਨ ਨੇ ਧਮਕੀ ਭਰੇ ਆਡੀਓ ਕਲਿੱਪ ਜਾਰੀ ਕੀਤੇ ਹਨ। ਧਮਕੀ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਤੇ ਸਿੱਖਾਂ ਵਿੱਚੋਂ ਇੱਕ ਦੀ ਚੋਣ ਕਰਨੀ ਪਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਦੇ ਕਈ ਵਕੀਲਾਂ ਨੂੰ ਇਸ ਮਾਮਲੇ ਵਿੱਚ ਧਮਕੀ ਭਰੇ ਫੋਨ ਆਏ ਸਨ।
ਦੱਸ ਦਈਏ ਕਿ 12 ਜਨਵਰੀ ਨੂੰ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ 'ਚ ਕਮੀਆਂ ਦੀ ਜਾਂਚ ਲਈ ਕਮੇਟੀ ਦਾ ਐਲਾਨ ਕੀਤਾ ਸੀ। ਇਹ ਪੰਜ ਮੈਂਬਰੀ ਕਮੇਟੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ।
ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਇਹ ਕੋਈ ਪਹਿਲੀ ਧਮਕੀ ਨਹੀਂ ਹੈ। ਪਿਛਲੇ ਹਫ਼ਤੇ ਖਾਲਿਸਤਾਨ ਸਮਰਥਕਾਂ ਵੱਲੋਂ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਦਰਜਨ ਦੇ ਕਰੀਬ ਵਕੀਲਾਂ ਨੇ ਧਮਕੀ ਭਰੀਆਂ ਕਾਲਾਂ ਆਉਣ ਦਾ ਦਾਅਵਾ ਕੀਤਾ ਹੈ। ਸਿੱਖਸ ਫਾਰ ਜਸਟਿਸ ਦੀ ਤਰਫੋਂ ਇੰਗਲੈਂਡ ਦੇ ਨੰਬਰ ਤੋਂ ਉਸ ਨੂੰ ਇਹ ਕਾਲਾਂ ਆਈਆਂ ਸਨ। ਵਕੀਲਾਂ ਨੂੰ ਪੀਐਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਚੱਲ ਰਹੀ ਸੁਣਵਾਈ ਵਿੱਚ ਹਿੱਸਾ ਨਾ ਲੈਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਇਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ ਹੈ। ਇਸ ਲਈ ਇਸ ਮਾਮਲੇ ਦੀ ਸੁਣਵਾਈ ਨਹੀਂ ਹੋਣੀ ਚਾਹੀਦੀ।