ਕਸ਼ਮੀਰ, ਜੇਐਨਐਨ : ਸੁਰੱਖਿਆ ਬਲਾਂ ਨੇ ਸ਼ਨੀਵਾਰ ਸ਼ਾਮ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਬਿਜਬੇਹਰਾ ਇਲਾਕੇ 'ਚ ਇਕ ਸੰਖੇਪ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਜੇ ਤੱਕ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਜਲਦੀ ਹੀ ਪਛਾਣ ਕਰ ਲਈ ਜਾਵੇਗੀ।
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਬਿਜਬੇਹਰਾ ਇਲਾਕੇ 'ਚ ਅੱਜ ਦੁਪਹਿਰ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਸੈਨਾ ਅਤੇ ਸੀਆਰਪੀਐਫ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਬਿਜਬੇਹਾੜਾ ਦੇ ਛੱਤੀਪੋਰਾ ਇਲਾਕੇ 'ਚ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪਹਿਲਾਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਦੀ ਚਿਤਾਵਨੀ ਦਿੱਤੀ ਪਰ ਅੱਤਵਾਦੀਆਂ ਨੇ ਇਸ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਅਤੇ ਗੋਲੀਬਾਰੀ ਜਾਰੀ ਰੱਖੀ। ਸੁਰੱਖਿਆ ਬਲਾਂ ਨੇ ਤੁਰੰਤ ਮੋਰਚਾ ਸੰਭਾਲ ਲਿਆ ਅਤੇ ਸਿਰਫ਼ 30 ਮਿੰਟਾਂ ਵਿੱਚ ਹੀ ਦੋਵੇਂ ਅੱਤਵਾਦੀਆਂ ਨੂੰ ਉੱਥੇ ਢੇਰ ਕਰ ਦਿੱਤਾ ਗਿਆ।
ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਇੰਟਰਨੈੱਟ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਕਿ ਬਿਜਬੇਹਰਾ ਦੇ ਛੱਤੀਪੋਰਾ ਇਲਾਕੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਜਲਦੀ ਹੀ ਉਨ੍ਹਾਂ ਦੀ ਪਛਾਣ ਕਰ ਲਈ ਜਾਵੇਗੀ। ਸਾਵਧਾਨੀ ਦੇ ਤੌਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।