ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਰੁਜ਼ਗਾਰ ਦੀ ਤਲਾਸ਼ ਵਿਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਵਧੀਆ ਸਿੱਖਿਆ ਦੇਣ, ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਨੌਜਵਾਨਾਂ ਲਈ ਸੂਬੇ ਵਿਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖਿਆ ਅਤੇ ਨੌਕਰੀ ਲਈ ਉਨ੍ਹਾਂ ਨੂੰ ਹੋਰ ਮੁਲਕਾਂ ਵੱਲ ਨਾ ਦੇਖਣਾ ਪਵੇ। ਉਹ ਸੈਕਟਰ-43 ਸਥਿਤ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਐੱਨਜੀਓ ਕਰਾਸ ਹੌਰਾਈਜ਼ਨ ਦੇ ਸਹਿਯੋਗ ਨਾਲ 'ਮਨੁੱਖੀ ਤਸਕਰੀ, ਚੁਣੌਤੀਆਂ ਤੇ ਹੱਲ' ਵਿਸ਼ੇ ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।
ਮਾਲਟਾ ਕਾਂਡ ਅਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਸੁਪਨੇ ਸਾਕਾਰ ਕਰਨ ਲਈ ਵਿਦੇਸ਼ ਭੇਜਣ ਦੀ ਆੜ 'ਚ ਹੋ ਰਹੀ ਮਨੁੱਖੀ ਤਸਕਰੀ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਗ਼ੈਰ-ਕਾਨੂੰਨੀ ਧੰਦੇ 'ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਦੁਆਬਾ ਸਭ ਤੋਂ ਵੱਧ ਪ੍ਰਗਤੀਸ਼ੀਲ ਇਲਾਕਿਆਂ ਵਿਚੋਂ ਇਕ ਹੈ ਕਿਉਂਕਿ ਇਸ ਖੇਤਰ ਦੇ ਬਹੁਤੇ ਪਰਿਵਾਰ ਬਹੁਤ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਵਸ ਗਏ ਹਨ ਪਰ ਕੁਝ ਲੋਕਾਂ ਵੱਲੋਂ ਵਿਦੇਸ਼ਾਂ ਵਿਚ ਪਹੁੰਚਣ ਲਈ ਗ਼ੈਰ-ਕਾਨੂੰਨੀ ਰਸਤਾ ਚੁਣੇ ਜਾਣ ਕਾਰਨ ਇਸ ਖੇਤਰ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸਿੱਧੂ ਨੇ ਉਨ੍ਹਾਂ ਸਾਰੇ ਕਾਰਨਾਂ ਬਾਰੇ ਵੀ ਸਪੱਸ਼ਟ ਤੌਰ 'ਤੇ ਦੱਸਿਆ ਜੋ ਇਸ ਸਮੱਸਿਆ ਨੂੰ ਵਧਾਉਂਦੇ ਹਨ ਅਤੇ ਇਸ ਦੇ ਸੰਭਾਵਿਤ ਹੱਲ ਵੀ ਸੁਝਾਏ। ਇਸ ਮੁੱਦੇ 'ਤੇ ਵਿਚਾਰ ਚਰਚਾ ਕਰਨ ਅਤੇ ਪਤਵੰਤਿਆਂ ਦੇ ਵਡਮੁੱਲੇ ਵਿਚਾਰ ਸੁਣਨ ਲਈ ਲੋਕ ਵੱਡੀ ਗਿਣਤੀ ਵਿਚ ਆਏ ਸਨ। ਪਤਵੰਤਿਆਂ ਨੇ ਸਬੰਧਤ ਵਿਸ਼ੇ ਬਾਰੇ ਉਦਾਹਰਣ ਸਹਿਤ ਜਾਣਕਾਰੀ ਸਾਂਝੀ ਕੀਤੀ।
ਰਾਜ ਸਭਾ ਦੇ ਜੁਆਇੰਟ ਡਾਇਰੈਕਟਰ ਡਾ. ਅਨੁਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਤੋਖਵਿੰਦਰ ਸਿੰਘ ਗਰੇਵਾਲ, ਐਜੂਕੇਸ਼ਨਲ ਮਲਟੀ ਮੀਡੀਆ ਖੋਜ ਕੇਂਦਰ ਦੇ ਡਾਇਰੈਕਟਰ ਦਲਜੀਤ ਅਮੀ ਅਤੇ ਸਹਾਇਤਾ ਐੱਨਜੀਓ ਦੇ ਡਾਇਰੈਕਟਰ ਅਤੇ ਅੱਖਾਂ ਦੇ ਸਰਜਨ ਡਾ. ਰਜਿੰਦਰ ਰਾਜੀ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ। ਸੈਮੀਨਾਰ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਰਾਸ ਹੌਰਾਈਜ਼ਨ ਦੇ ਪ੍ਰਧਾਨ ਅਨਿਲ ਕੁਮਾਰ ਸਾਗਰ ਅਤੇ ਸੁਪਰੀਮ ਕੋਰਟ ਦੇ ਵਕੀਲ ਸ੍ਰੀ ਆਨੰਦੇਸ਼ਵਰ ਗੌਤਮ ਕਨਵੀਨਰ ਸਨ।