ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 1600 ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਿਚ ਬਦਲਣ ਦੇ ਫ਼ੈਸਲੇ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਇਹ ਕੇਂਦਰ 78 ਜ਼ਰੂਰੀ ਸੇਵਾਵਾਂ ਦੇਣ ਲਈ ਸਥਾਪਤ ਕੀਤੇ ਗਏ ਸਨ।
ਸੁਖਬੀਰ ਬਾਦਲ ਨੇ ਇਕ ਬਿਆਨ ਵਿਚ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਸਿਰਫ਼ 500 ਕੇਂਦਰ ਚਾਲੂ ਰੱਖਣ ਦੀ ਥਾਂ ਸਾਰੇ 2100 ਕੇਂਦਰ ਮੁੜ ਸ਼ੁਰੂ ਕਰਨ ਦੀ ਥਾਂ ਆਮ ਆਦਮੀ ਪਾਰਟੀ ਸਰਕਾਰ ਇਨ੍ਹਾਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰ ਕੇ ਨਿਵੇਕਲੀ ਨਾਗਰਿਕ ਪੱਖੀ ਸਕੀਮ ਨੂੰ ਤਬਾਹ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਨੁੰ ਸੇਵਾ ਕੇਂਦਰਾਂ ਵਿਚ ਤਬਦੀਲ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਵਿਚ ਪਹਿਲਾਂ ਹੀ 3000 ਮੈਡੀਕਲ ਸਬ ਸੈਂਟਰ ਤੇ ਡਿਸਪੈਂਸਰੀਆਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਬ ਸੈਂਟਰਾਂ ਦਾ ਵਿਸਥਾਰ ਕੀਤਾ ਜਾ ਸਕਦਾ ਹੈ ਤੇ ਲੋੜ ਅਨੁਸਾਰ ਇਨ੍ਹਾਂ ਵਿਚ ਵਧੀਆਂ ਆਧੁਨਿਕ ਮਸ਼ੀਨਰੀ ਪ੍ਰਦਾਨ ਕੀਤੀ ਜਾ ਸਕਦੀ ਹੈ ਪਰ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਵਾਲੀ ਸਕੀਮ ਦਾ ਭੋਗ ਪਾ ਕੇ ਇਨ੍ਹਾਂ ਵਿਚ ਕਲੀਨਿਕ ਖੋਲ੍ਹਣ ਦੀ ਕੋਈ ਤੁੱਕ ਨਹੀਂ ਬਣਦੀ ਕਿਉਂਕਿ ਕਲੀਨਿਕ ਪਹਿਲਾਂ ਹੀ ਮੌਜੂਦ ਹਨ।
ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਿ੍ਸ਼ਟਾਚਾਰ ਖਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਹਾਸਲ ਕੀਤੀ ਹੈ ਪਰ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਉਸ ਸਕੀਮ ਦਾ ਭੋਗ ਪਾਉਣਾ ਚਾਹੁੰਦੀ ਹੈ ਜਿਸ ਨੇ ਸੂਬੇ ਵਿਚ ਭਿ੍ਸ਼ਟਾਚਾਰ ਨੂੰ ਸਭ ਤੋਂ ਵੱਡੀ ਸੱਟ ਮਾਰੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਨੇ ਨਾ ਸਿਰਫ ਸਰਕਾਰੀ ਦਫਤਰਾਂ ਵਿਚ ਹੁੰਦੀ ਲੋਕਾਂ ਦੀ ਖੱਜਲ-ਖੁਆਰੀ ਰੋਕੀ ਬਲਕਿ ਇਹ ਸੇਵਾਵਾਂ ਦੇਣ ਵੇਲੇ ਹੁੰਦਾ ਭਿ੍ਸ਼ਟਾਚਾਰ ਵੀ ਖਤਮ ਕੀਤਾ। ਉਨ੍ਹਾਂ ਕਿਹਾ ਕਿ 500 ਸੇਵਾ ਕੇਂਦਰ ਬੰਦ ਹੋਣ ਨਾਲ ਪਹਿਲਾਂ ਹੀ 1500 ਨੌਜਵਾਨ ਬੇਰੁਜ਼ਗਾਰ ਹੋ ਗਏ ਸਨ।