ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਚੰਡੀਗੜ੍ਹ ਵਿੱਚ ਹੋਏ ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮੰਤਰੀ ਨੇ ਤਮਗਾ ਜੇਤੂਆਂ ਤੇ ਭਾਗ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਸੀਐਮ ਭਗਵੰਤ ਮਾਨ ਤੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ 23 ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ। ਇਸ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 40 ਲੱਖ ਰੁਪਏ ਦਿੱਤੇ ਗਏ। ਇਨ੍ਹਾਂ ਤੋਂ ਇਲਾਵਾ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਬਾਕੀ ਖਿਡਾਰੀਆਂ ਨੂੰ ਵੀ 5-5 ਲੱਖ ਰੁਪਏ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਮੈਦਾਨ 'ਤੇ ਉਤਰਨਾ ਬਹੁਤ ਵੱਡੀ ਗੱਲ ਹੈ। ਇਹ ਬਹੁਤ ਔਖਾ ਕੰਮ ਹੈ ਤੇ ਮੈਂ ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ ਜੋ ਇਹ ਕਰ ਰਹੇ ਹਨ ਮੈਨੂੰ ਮਾਣ ਹੈ ਕਿ ਮੈਨੂੰ ਤੁਹਾਨੂੰ ਮਿਲਣ ਦਾ ਮੌਕਾ ਮਿਲਿਆ।
ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਰ ਵਿਕਾਸ ਠਾਕੁਰ, ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨਾ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ, ਜੁਗਰਾਜ ਸਿੰਘ, ਮਹਿਲਾ ਕ੍ਰਿਕਟ ਟੀਮ ਦੇ ਕਪਤਾਨ ਸ. ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਤਾਨਿਆ ਭਾਟੀਆ ਨੇ ਚਾਂਦੀ ਦਾ ਤਗਮਾ ਜਿੱਤਿਆ। ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ।