ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦੀ ਗ੍ਰਿਫ਼ਤਾਰੀ ਅਤੇ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਲੁੱਕਆਊਟ ਨੋਟਿਸ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਤਿੰਨ ਹਫ਼ਤਿਆਂ ’ਚ ਭਾਰਤ ਪੁੱਜ ਕੇ ਸਿੰਚਾਈ ਘੁਟਾਲੇ ਦੇ ਮਾਮਲੇ ’ਚ ਵਿਜੀਲੈਂਸ ਜਾਂਚ ’ਚ ਸ਼ਾਮਲ ਹੋਣ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਦਾ ਫ਼ੈਸਲਾ ਸਰਵੇਸ਼ ਕੌਸ਼ਲ ਲਈ ਰਾਹਤ ਭਰਿਆ ਹੈ।
ਯਾਦ ਰਹੇ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੌਰਾਨ ਸਿੰਚਾਈ ਵਿਭਾਗ ’ਚ ਕਰੀਬ 1200 ਕਰੋੜ ਰੁਪਏ ਦਾ ਕਥਿਤ ਘੁਟਾਲਾ ਹੋਇਆ ਸੀ। ਵਿਜੀਲੈਂਸ ਨੇ ਇਸ ਮਾਮਲੇ ’ਚ ਠੇਕੇਦਾਰ ਗੁਰਿੰਦਰ ਸਿੰਘ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ।
ਸਰਵੇਸ਼ ਕੌਸ਼ਲ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ ’ਚ ਕਿਹਾ ਕਿ ਉਹ ਵਿਦੇਸ਼ ਵਿਚ ਹਨ ਅਤੇ ਜਾਂਚ ’ਚ ਸ਼ਾਮਲ ਹੋਣ ਲਈ ਤਿਆਰ ਹਨ। ਪਟੀਸ਼ਨਰ ਨੇ ਦਲੀਲ ਦਿੱਤੀ ਕਿ ਇਸ ਕੇਸ ਨਾਲ ਸਬੰਧਤ ਜਾਂਚ 2019 ’ਚ ਮੁਕੰਮਲ ਹੋ ਚੁੱਕੀ ਹੈ ਅਤੇ ਚਲਾਨ ਮੁਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਜਾ ਚੁੱਕਾ ਹੈ। ਜਦੋਂ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਚਲਾਨ ਵੀ ਪੇਸ਼ ਹੋ ਚੁੱਕਾ ਹੈ ਤਾਂ ਹੁਣ ਮੁੜ ਜਾਂਚ ਦੇ ਹੁਕਮ ਕਿਵੇਂ ਦੇ ਦਿੱਤੇ ਗਏ ਹਨ। ਪਟੀਸ਼ਨਰ ਨੇ ਉਸ ਖ਼ਿਲਾਫ਼ ਜਾਰੀ ਲੁੱਕਆਊਟ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਹਾਈ ਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਲੁੱਕਆਊਟ ਨੋਟਿਸ ਰੱਦ ਕਰਨ ਅਤੇ ਤਿੰਨ ਹਫ਼ਤਿਆਂ ’ਚ ਭਾਰਤ ਆ ਕੇ ਜਾਂਚ ਵਿਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਪਹਿਲਾਂ ਹੀ ਕੇਬੀਐੱਸ ਸਿੱਧੂ ਨੂੰ ਰਾਹਤ ਦੇ ਚੁੱਕੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੌਸ਼ਲ ਜਾਂਚ ’ਚ ਸ਼ਾਮਲ ਹੋਣ ਲਈ ਤਿੰਨ ਹਫ਼ਤਿਆਂ ਦੇ ਅੰਦਰ ਭਾਰਤ ਵਾਪਸ ਆ ਆਉਣਗੇ ਅਤੇ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕਰੇਗੀ। ਚੇਤੇ ਰਹੇ ਕਿ ਪੜਚੋਲ ਕੀਤੇ ਬਿਨਾਂ ਇਹ ਖ਼ਬਰਾਂ ਛਪ ਗਈਆਂ ਸਨ ਕਿ ਕੌਸ਼ਲ ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਵਿਦੇਸ਼ ਚਲੇ ਗਏ ਹਨ ਜਦਕਿ ਉਹ ਜੂਨ ’ਚ ਹੀ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵਿਦੇਸ਼ ਗਏ ਹੋਏ ਸਨ। ਜਾਣਕਾਰੀ ਅਨੁਸਾਰ ਸਰਵੇਸ਼ ਕੌਸ਼ਲ ਜੂਨ 2022 ’ਚ ਵਿਦੇਸ਼ ਗਏ ਸਨ ਪਰ ਸਰਕਾਰ ਨੇ ਸਤੰਬਰ 2022 ’ਚ ਜਾਂਚ ਦੇ ਹੁਕਮ ਦਿੰਦਿਆਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਸਿੰਚਾਈ ਘੁਟਾਲੇ ’ਚ ਠੇਕੇਦਾਰ ਗੁਰਿੰਦਰ ਸਿੰਘ ਦੇ ਬਿਆਨਾਂ ਤੋਂ ਬਾਅਦ ਸੇਵਾ ਮੁਕਤ ਆਈਏਐੱਸ ਅਧਿਕਾਰੀ ਸਰਵੇਸ਼ ਕੌਸ਼ਲ, ਕਾਹਨ ਸਿੰਘ ਪੰਨੂ ਤੇ ਕੇਬੀਐੱਸ ਸਿੱਧੂ ਨੂੰ ਇਸ ਮਾਮਲੇ ’ਚ ਨਾਮਜ਼ਦ ਕੀਤਾ ਸੀ।