ਪੰਜਾਬੀ ਜਾਗਰਣ ਬਿਊਰੋ, ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦਡ਼ ਨੇ ਸਪੱਸ਼ਟ ਕੀਤਾ ਕਿ ਕਿਸੇ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਨਹੀੰ ਮੰਗਿਆ। ਸੁਖਬੀਰ ਬਾਦਲ ਨੂੰ ਲੋਕਤੰਤਰੀ ਢੰਗ ਨਾਲ ਪ੍ਰਧਾਨ ਚੁਣਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਿੱਤਾਂ-ਹਾਰਾਂ ਚੱਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਹਾ ਕਿ ਕਦੇ ਵੀ ਰਾਤੋ-ਰਾਤ ਜਰਨੈਲ ਨਹੀਂ ਬਦਲੇ ਜਾਂਦੇ ਤੇ ਉਨ੍ਹਾਂ ਸਾਰੇ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਵਾਸਤੇ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਸੀਨੀਅਰ ਆਗੂ ਜਗਮੀਤ ਸਿੰਘ ਬਰਾਡ਼ ਵੱਲੋਂ ਚੁੱਕੇ ਮੁੱਦਿਆਂ ਬਾਰੇ ਅਕਾਲੀ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਉਨ੍ਹਾਂ ਦਾ ਬਿਆਨ ਨਹੀਂ ਵੇਖਿਆ ਪਰ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਅੰਦਰ ਹੀ ਸਾਰੇ ਮਸਲਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਦੀ ਸਬ-ਕਮੇਟੀ ਦੀ ਰਿਪੋਰਟ ਸਮੇਤ ਸਾਰੇ ਮਾਮਲਿਆਂ ’ਤੇ ਪਾਰਟੀ ਦੇ ਅੰਦਰ ਹੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਪੋਰਟ ’ਤੇ ਪਹਿਲਾਂ ਵੀ ਚਰਚਾ ਛਿਡ਼ੀ ਸੀ ਪਰ ਸੰਗਰੂਰ ਜ਼ਿਮਨੀ ਚੋਣ ਕਾਰਨ ਟਾਲ ਦਿੱਤੀ ਗਈ ਸੀ।
ਭੂੰਦਡ਼ ਨੇ ਪਾਰਟੀ ਦੇ ਆਗੂਆਂ ਤੇ ਕੇਡਰਾਂ ਵੱਲੋਂ ਸੰਗਰੂਰ ਜ਼ਿਮਨੀ ਚੋਣ ਵਿਚ ਅਣਥੱਕ ਮਿਹਨਤ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਕਦੇ ਚੰਗੇ ਤੇ ਕਦੇ ਮਾਡ਼ੇ ਸਮੇਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕਿਸੇ ਸਮੇਂ ਦੇਸ਼ ਵਿਚ ਤਿੰਨ ਸੰਸਦ ਮੈਂਬਰ ਸਨ ਤੇ ਅੱਜ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਾਰਨ ਸਾਨੂੰ ਹੌਸਲਾ ਨਹੀਂ ਢਾਹੁਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੌ ਸਾਲ ਪੁਰਾਣੀ ਸ਼ਾਨਾਮੱਤੇ ਇਤਿਹਾਸ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਲਈ ਸਵੈ-ਪਡ਼ਚੋਲ ਦੀ ਜ਼ਰੂਰਤ ਹੈ ਤੇ ਨਾਲ ਹੀ ਪਾਰਟੀ ਦੀਆਂ ਪੁਰਾਣੀਆਂ ਰਵਾਇਤਾਂ ਮੁਤਾਬਕ ਇਕਸੁਰ ਵਿਚ ਗੱਲ ਕਰਨ ਦੀ ਜ਼ਰੂਰਤ ਹੈ।
ਭੂੰਦਡ਼ ਨੇ ਕਿਹਾ ਕਿ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮ ਮੁਤਾਬਕ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਉਮੀਦਵਾਰ ਖਡ਼੍ਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਪੰਥਕ ਜਥੇਬੰਦੀਆਂ ਵੱਲੋਂ ਪੇਸ਼ ਕੀਤੇ ਨਾਂ ਦੀ ਹਮਾਇਤ ਕੀਤੀ। ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਇਸ ਕਰ ਕੇ ਚੋਣ ਲਡ਼ਵਾਈ ਗਈ ਕਿਉਂਕਿ ਉਨ੍ਹਾਂ ਦੇ ਭਰਾ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ 28 ਸਾਲਾਂ ਤੋਂ ਬਿਨਾਂ ਪੈਰੋਲ ਜੇਲ੍ਹ ਵਿਚ ਬੰਦ ਹਨ, ਨੇ ਅਜਿਹਾ ਕਰਨ ਵਾਸਤੇ ਆਖਿਆ ਸੀ।
ਭੂੰਦਡ਼ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਇਸ ਮੌਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਹਰ ਕੀਮਤ ’ਤੇ ਆਪਣੇ ਸਿਧਾਂਤਾਂ ਅਤੇ ਪੰਥਕ ਕਦਰਾਂ ਕੀਮਤਾਂ ’ਤੇ ਪਹਿਰਾ ਦੇਵੇਗੀ।