ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਜ਼ਿਲ੍ਹੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ। ਉਨਾਂ੍ਹ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਪਿੱਛਲੇ ਸਾਲ ਝੋਨੇ ਦੀ ਸਿੱਧੀ ਬਿਜਾਈ ਵਿਚ ਮੋਹਰੀ ਰਿਹਾ ਸੀ ਅਤੇ ਉਨਾਂ੍ਹ ਆਸ ਪ੍ਰਗਟਾਈ ਕਿ ਜ਼ਿਲ੍ਹੇ ਦੇ ਸੂਝਵਾਨ ਅਤੇ ਪ੍ਰਗਤੀਸ਼ੀਲ ਕਿਸਾਨ ਇਸ ਵਾਰ ਵੀ ਜ਼ਿਲ੍ਹੇ ਦਾ ਪਹਿਲਾਂ ਦਰਜ ਬਰਕਰਾਰ ਰੱਖਦਿਆਂ ਵੱਧ ਤੋਂ ਵੱਧ ਇਲਾਕੇ ਵਿਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਪਹਿਲ ਦੇਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਕੱਦੂ ਕਰਕੇ ਬਿਜਾਈ ਕਰਨ ਨਾਲ ਪਾਣੀ ਦੀ ਖਪਤ ਬਹੁਤ ਜ਼ਿਆਦਾ ਹੁੰਦੀ ਹੈ ਜਦ ਕਿ ਸਿੱਧੀ ਬਿਜਾਈ ਤਕਨੀਕ ਨਾਲ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੋਣ ਤੇ ਨਾਲ ਨਾਲ ਕਿਸਾਨਾਂ ਦੇ ਹੋਰ ਖਰਚੇ ਵੀ ਘੱਟਦੇ ਹਨ ਅਤੇ ਇਕ ਅੰਦਾਜੇ ਅਨੁਸਾਰ ਕਿਸਾਨਾਂ ਨੂੰ ਪ੍ਰਤੀ ਏਕੜ 4 ਤੋਂ 5 ਹਜ਼ਾਰ ਤਕ ਦਾ ਲਾਭ ਹੁੰਦਾ ਹੈ ਜਦ ਕਿ 1500 ਰੁਪਏ ਸਰਕਾਰ ਨੇ ਦੇਣੇ ਹਨ, ਇਸ ਤਰ੍ਹਾਂ ਸਿੱਧੀ ਬਿਜਾਈ ਕਿਸਾਨਾਂ ਲਈ ਵੱਡੇ ਲਾਹੇ ਦਾ ਸੌਦਾ ਸਾਬਿਤ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਾਗਰ ਸੇਤੀਆ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਸਮੇਤ ਹੋਰ ਕੁਦਰਤੀ ਸੋਮੇ ਬਚਾਉਣ ਲਈ ਜ਼ਰੂਰੀ ਹੈ ਕਿ ਅਸੀਂ ਖੇਤੀ ਮਾਹਿਰਾਂ ਵੱਲੋਂ ਦੱਸੀਆਂ ਤਕਨੀਕਾਂ ਨਾਲ ਝੋਨੇ ਦੀ ਕਾਸ਼ਤ ਕਰੀਏ ਅਤੇ ਪਹਿਲ ਝੋਨੇ ਤੋਂ ਬਿਨਾਂ ਹੋਰ ਘੱਟ ਪਾਣੀ ਨਾਲ ਪੱਕਣ ਵਾਲੀਆਂ ਫਸਲਾਂ ਨੂੰ ਦੇਈਏ। ਮੁੱਖ ਖੇਤੀਬਾੜੀ ਅਫ਼ਸਰ ਡਾ: ਰੇਸਮ ਸਿੰਘ ਨੇ ਕਿਹਾ ਕਿ ਝੋਨੇ ਦੀ ਬਿਜਾਈ ਤਰ ਵੱਤਰ ਜਮੀਨ ਵਿਚ 20 ਮਈ ਤੋਂ ਕੀਤੀ ਜਾ ਸਕਦੀ ਹੈ। ਉਨਾਂ੍ਹ ਨੇ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਦਵਾਈਆਂ ਉਪਲੱਬਧ ਹਨ ਅਤੇ ਇਸ ਸਬੰਧੀ ਕਿਸੇ ਵੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਰਨ।