ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਲੰਮੀ ਉਡੀਕ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਖ਼ਰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ । ਭਾਜਪਾ ਵੱਲੋਂ ਜਾਰੀ ਪਹਿਲੀ ਹੀ ਸੂਚੀ ਵਿੱਚ ਕੱਦਾਵਰ ਨੇਤਾ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਉਮੀਦਵਾਰ ਉਤਾਰਿਆ ਗਿਆ ਹੈ । ਬੀਤੀ ਚਾਰ ਵਾਰ ਤੋਂ ਲਗਾਤਾਰ ਕਾਂਗਰਸ ਟਿਕਟ 'ਤੇ ਵਿਧਾਇਕ ਬਣਦੇ ਆ ਰਹੇ ਰਾਣਾ ਗੁਰਮੀਤ ਸਿੰਘ ਸੋਢੀ 2017 ਤੋਂ 2022 ਦੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਖੇਡ ਮੰਤਰੀ ਵੀ ਰਹੇ ਹਨ । ਰਾਣਾ ਸੋਢੀ ਦੀ ਆਮਦ ਨਾਲ ਫਿਰੋਜ਼ਪੁਰ ਸ਼ਹਿਰੀ ਹਲਕੇ ਦਾ ਮੁਕਾਬਲਾ ਬਹੁਤ ਹੀ ਦਿਲਚਸਪ ਹੋ ਗਿਆ ਹੈ। ਅਕਾਲੀ ਦਲ ਬਾਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲੋਂ ਹੀ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਹੁਣ ਚਹੁੰਮੁਖੀ ਹੋ ਚੁੱਕੇ ਇਸ ਮੁਕਾਬਲੇ ਵਿੱਚ ਪੂਰੇ ਸਿੰਗ ਫਸਨ ਦੀ ਉਮੀਦ ਹੈ ਕਿਉਂਕਿ ਕਾਂਗਰਸ ਵਿਚ ਰਹਿੰਦਿਆਂ ਵੀ ਰਹਿੰਦਿਆਂ ਵੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨਾਲ ਸੁਖਾਵੇਂ ਸਬੰਧ ਨਹੀਂ ਸਨ। ਭਾਜਪਾ ਵੱਲੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ,ਗ੍ਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਵੱਡੀ ਲੀਡ ਨਾਲ ਇਹ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਉਣਗੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ, ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਸਾਬਕਾ ਪ੍ਰਧਾਨ ਅਸ਼ਵਨੀ ਗਰੋਵਰ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ,ਨਤਿੰਦਰ ਮੁਖੀਜਾ, ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੋਨੂ ਰੱਖੜੀ, ਫਿਰੋਜ਼ਪੁਰ ਕੈਂਟ ਬੋਰਡ ਦੇ ਮੈਂਬਰ ਯੋਗੇਸ਼ ਗੁਪਤਾ, ਇੰਦਰ ਗੁਪਤਾ, ਜੁਗਰਾਜ ਕਟੋਰਾ ਅਤੇ ਹੋਰ ਵੀ ਕਈ ਲੋਕਾਂ ਨੇ ਰਾਣਾ ਸੋਢੀ ਦੀ ਉਮੀਦਵਾਰੀ ਦਾ ਸਵਾਗਤ ਕੀਤਾ।