ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਹਰ ਸਾਲ ਦੀ ਤਰਾਂ੍ਹ ਜਿਲ੍ਹਾ ਫਿਰੋਜ਼ਪੁਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ 2021 ਨੂੰ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਫਤਰ ਵਿਖੇ ਮਨਾਇਆ ਗਿਆ। ਇਸ ਮੌਕੇ ਕਰਨਲ ਜੇਐੱਸ ਧੀਮਾਨ (ਰਿਟਾ.), ਉਪ ਪ੍ਰਧਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਨੇ ਡਿਪਟੀ ਕਮਿਸ਼ਨਰ ਦੇ ਸੀਨੇ ਤੇ ਝੰਡਾ ਲਗਾਕੇ ਸ਼ੁਰੂਆਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਦਾ ਰਣਜੋਧੇ ਕਿਤਾਬਚਾ ਵੀ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ। ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ ਜਿਸ ਨਾਲ ਸੈਨਿਕਾਂ ਦੇ ਪਰਿਵਾਰਾਂ ਨੂੰ ਹੌਂਸਲਾ ਮਿਲਦਾ ਹੈ ਅਤੇ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਹਨਾਂ ਦੇ ਨਾਲ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ ਸੈਨਿਕਾਂ ਨੇ ਕਾਫੀ ਸ਼ਹਾਦਤਾਂ ਪਾਈਆਂ ਹਨ, ਜ਼ੋ ਕਿ ਸ਼ਲਾਘਾਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ਤੇ ਸਾਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ੳਹਨਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨਾਂ੍ਹ ਨੇ ਮੁਸ਼ਕਲਾਂ ਭਰੇ ਹਲਾਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾਂ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ਅਤੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕੀਤਾ। ਇਹਨਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਡਾ ਇਹ ਸਮਾਜਿਕ ਫਰਜ਼ ਬਣਦਾ ਹੈ ਕਿ ਅਸੀਂ ਵੀ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ। ਸ਼ਹੀਦ ਸਦਾ ਅਮਰ ਰਹਿੰਦੇ ਹਨ। ਇਸ ਸ਼ੁਭ ਮੌਕੇ ਤੇ ਅਸੀ ਆਪਣੀ ਸਮਰੱਥਾ ਅਨੁਸਾਰ ਵੱਧ ਚੜ੍ਹ ਕੇ ਦਾਨ ਕਰੀਏ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਦੇ ਸਮੂਹ ਸਟਾਫ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।