ਪੱਤਰ ਪੇ੍ਰਰਕ, ਗੁਰਦਾਸਪੁਰ : ਐੱਸਐੱਸਪੀ ਗੁਰਦਾਸਪੁਰ ਡਾ. ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਵਿਧਾਨ ਸਭਾ ਚੋਣਾਂ-2022 ਸੁਰੱਖਿਅਤ, ਨਿਰਪੱਖ ਅਤੇ ਲਾਲਚ ਮੁਕਤ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਨਸ਼ਿਆ ਤੇ ਸ਼ਰਾਰਤੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਐੱਸਐੱਸਪੀ ਗੁਰਦਾਸਪੁਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅੰਦਰ ਚੋਣਾਂ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਲਿਸ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਉਨਾਂ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਾਕਾਬੰਦੀ ਅਤੇ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਗਈ ਹੈ। ਉਨਾਂ ਦੱਸਿਆ ਕਿ ਕਾਹਨੂੰਵਾਨ ਤੇ ਦੀਨਾਨਗਰ ਖੇਤਰ ਵਿਚੋਂ ਪੁਲਿਸ ਵਿਭਾਗ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋਸ਼ੀਆਂ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਵੋਟਰ ਬਿਨਾਂ ਕਿਸੇ ਡਰ ਜਾਂ ਭੈਅ ਦੇ ਆਪਣੀ ਵੋਟ ਦੇ ਹੱਕ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਸਕਣ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਅੰਦਰ ਚੋਣਾਂ ਨਿਰਪੱਖ, ਸੁਰੱਖਿਅਤ ਤੇ ਬਿਨਾਂ ਕਿਸੇ ਡਰ ਜਾਂ ਭੈਅ ਦੇ ਨੇਪਰੇ ਚਾੜ੍ਹੀਆਂ ਜਾਣਗੀਆਂ।