ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਦੇਸ਼ ਦੇ ਮੁਲਾਜ਼ਮਾਂ ਦੇ ਕੌਮੀ ਜਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੇ ਜਾ ਰਹੇ ਸੰਘਰਸ਼ ਨੂੰ ਅੱਗੇ ਤੋਰਦਿਆਂ 8 ਦਸੰਬਰ ਨੂੰ ਤਾਲਕਟੋਰਾ ਸਟੇਡੀਅਮ ਦਿੱਲੀ ਵਿਖੇ ਕੌਮੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਪੀਐੱਫਆਰਡੀਏ ਤਹਿਤ ਐੱਨਪੀਐੱਸ ਨੂੰ ਖਤਮ ਕਰਨ, ਹਰ ਤਰ੍ਹਾਂ ਦੇ ਕੱਚੇ, ਆਊਟ ਸੋਰਸ, ਮਾਣ ਭੱਤਾ, ਡੇਲੀ ਵੇਜ਼ ਸਕੀਮਾਂ ਤਹਿਤ ਕੰਮ ਕਰਦੇ ਸੂਬਿਆਂ ਤੇ ਕੇਂਦਰ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, ਸਰਕਾਰੀ ਵਿਭਾਗਾਂ ਦਾ ਨਿੱਜੀਕਰਣ/ ਨਿਗਮੀਕਰਣ ਬੰਦ ਕਰਨ, ਅੱਠਵੇਂ ਕੇਂਦਰੀ ਤਨਖਾਹ ਕਮਿਸ਼ਨ ਦਾ ਗਠਨ ਕਰਨ, ਬਕਾਇਆ ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਹੋਰ ਭੱਤੇ ਜਾਰੀ ਕਰਨ, ਪੱਕੇ ਤੌਰ ਤੇ ਭਰਤੀ ਚਾਲੂ ਕਰਨ ਆਦਿ ਦੀਆਂ ਮੰਗਾਂ ਨੂੰ ਲੈ ਕੇ ਇਹ ਕੌਮੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਰੈੱਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਜਿੱਥੇ 8 ਦਸੰਬਰ ਨੂੰ ਦਿੱਲੀ ਵਿਖੇ ਕੌਮੀ ਕਨਵੈਨਸ਼ਨ ਕੀਤੀ ਜਾ ਰਹੀ ਹੈ ਉੱਥੇ ਹੀ ਮਿਤੀ 9 ਦਸੰਬਰ ਨੂੰ ਜਥੇਬੰਦੀ ਵਲੋਂ ਫਰੀਦਾਬਦ ਵਿਖੇ ਉਸਾਰੇ ਗਏ ਕੌਮੀ ਦਫ਼ਤਰ (ਸੁਕੋਮਲ ਸੇਨ ਭਵਨ) ਦਾ ਉਦਘਾਟਨ ਵੀ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਇਸ ਕੌਮੀ ਕਨਵੈਨਸ਼ਨ ਅਤੇ ਸੁਕੋਮਲ ਸੇਨ ਭਵਨ ਦੇ ਉਦਘਾਟਨ ਵਿੱਚ ਸ਼ਾਮਿਲ ਹੋਣ ਲਈ ਪੰਜਾਬ 'ਚੋਂ ਵੀ ਪਸਸਫ ਦੇ ਬੈਨਰ ਹੇਠ 500 ਤੋਂ ਵੱਧ ਮੁਲਾਜ਼ਮ ਸ਼ਮੂਲੀਅਤ ਕਰ ਰਹੇ ਹਨ। 7 ਦਸੰਬਰ ਨੂੰ ਸੂਬੇ ਦੇ ਵੱਖ-ਵੱਖ ਸਥਾਨਾਂ ਤੋਂ ਦਿੱਲੀ ਲਈ ਰਵਾਨਾ ਹੋਣ ਜਾ ਰਹੇ ਮੁਲਾਜ਼ਮਾਂ ਨੂੰ ਆਗੂਆਂ ਵਲੋਂ ਮਿਤੀ 8 ਦਸੰਬਰ ਨੂੰ ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕੱਤਰ ਹੋਣ ਦੀ ਬੇਨਤੀ ਕੀਤੀ ਗਈ ਹੈ।