ਪੰਜਾਬੀ ਜਾਗਰਣ ਟੀਮ, ਹੁਸ਼ਿਆਰਪੁਰ/ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ’ਚ ਪਿਛਲੇ ਦੋ ਮਹੀਨਿਆਂ ਤੋਂ ਭਗੌੜੇ ਚੱਲੇ ਆ ਰਹੇ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ, ਮਾਲ ਸਰਕਲ ਉੱਚੀ ਬੱਸੀ, ਦਸੂਹਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ ਪਹਿਲਾਂ ਹੀ ਬਿਊਰੋ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕੇਸ ’ਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਪਟਵਾਰੀ ਨਾਲ ਮਿਲੀਭੁਗਤ ਕਰਨ ਲਈ ਨਾਮਜ਼ਦ ਕੀਤਾ ਗਿਆ ਸੀ ਜੋ ਸ਼ਿਕਾਇਤਕਰਤਾ ਦੀ ਵਾਹੀਯੋਗ ਜ਼ਮੀਨ ਦੀ ਵੰਡ ਕਰਨ ’ਚ ਦੇਰੀ ਕਰ ਰਿਹਾ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਤੇ ਗਿਰਦਾਵਰ ਉਸ ਦੀ ਪਰਿਵਾਰਕ ਖੇਤੀ ਵਾਲੀ ਜ਼ਮੀਨ ਦੀ ਵੰਡ ਅਤੇ ਨਿਸ਼ਾਨਦੇਹੀ ਕਰਨ ਲਈ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਸਨ।
ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪਹਿਲਾਂ ਹੀ ਮਾਮਲਾ ਦਰਜ ਹੈ ਜਿਸ ਬਾਰੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।