ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੁੱਚੇ ਖੇਤੀਬਾੜੀ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਕਰਦੇ ਹੋਏ ਸਖਤ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਮਿਆਰੀ ਖਾਦਾਂ ਦਵਾਈਆਂ ਦੀ ਸਪਲਾਈ ਲਈ ਕੋਸ਼ਿਸ਼ਾਂ ਕੀਤੀਆਂ ਜਾਣ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਕਿਸਾਨਾਂ ਨੂੰ ਡੀਏਪੀ ਤੇ ਯੂਰੀਆ ਖਾਦ ਦੀ ਕੁਆਲਿਟੀ ਤੇ ਐਕਟ ਅਨੁਸਾਰ ਖਾਦਾਂ ਦੀ ਸਪਲਾਈ ਕਰਵਉਣੀ ਯਕੀਨੀ ਬਣਾਈ ਜਾਵੇ ਤੇ ਧਿਆਨ ਰੱਖਿਆ ਜਾਵੇ ਕਿ ਕੋਈ ਖਾਦ ਵਿਕਰੇਤਾ ਖਾਦ ਨਾਲ ਕਿਸੇ ਕਿਸਮ ਦੀ ਕੋਈ ਹੋਰ ਵਸਤੂ ਜ਼ਬਰਦਸਤੀ ਕਿਸਾਨਾਂ ਨੂੰ ਨਾ ਵੇਚੇ। ਇਸ ਸਬੰਧੀ ਸ਼ਿਕਾਇਤ ਆਉਣ 'ਤੇ ਸਬੰਧਤ ਡੀਲਰ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨੂੰ ਸੁਚੇਤ ਰਹਿੰਦੇ ਹੋਏ ਇਸ ਕੰਮ ਵੱਲ ਉਚੇਚਾ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਇਸ ਗੱਲ ਦਾ ਧਿਆਨ ਰੱਖਿਆਂ ਜਾਵੇ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ਪਰਾਲੀ ਸੰਭਾਲ ਤੇ ਕਣਕ ਦੀ ਬਿਜਾਈ ਲਈ ਮਸ਼ੀਨਾਂ ਬਗੈਰ ਕਿਰਾਏ ਤੋਂ ਮੁਹੱਈਆ ਕਰਵਾਈਆਂ ਜਾਣ। ਡਾ. ਸਿੰਘ ਨੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਈ ਖੇਤ ਮਸ਼ੀਨ ਐਪ ਬਾਰੇ ਕਿਸਾਨਾ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਇਹ ਐਪ ਡਾਊਨਲੋਡ ਕਰਵਾਉਂਦੇ ਹੋਏ ਇਸ ਐਪ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਦੱਸਿਆ ਜਾਵੇ। ਡਾ. ਸਿੰਘ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ ਝੋਨੇ ਪਰਾਲੀ ਦੀ ਸੰਭਾਲ ਕਰਨ ਵਾਲੇ ਸਮੁੱਚੇ ਪਿੰਡਾਂ , ਕਿਸਾਨ ਗਰੁੱਪਾਂ ਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ 'ਚ ਚੰਗੀ ਕਾਰਗੁਜ਼ਾਰੀ ਕਰਨ ਕਰ ਕੇ ਵਿਭਾਗ ਵੱਲੋਂ ਨਕਦ ਇਨਾਮਾਂ ਨਾਲ ਵੀ ਨਿਵਾਜ਼ਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹੁਣ ਕਿਸਾਨਾਂ ਨੂੰ ਜਿਥੇ ਝੋਨੇ ਦੀ ਪਰਾਲੀ ਦੀ ਸੰਭਾਲ ਬਾਰੇ ਪੇ੍ਰਰਨਾ ਦੇਣ ਦੀ ਲੋੜ ਹੈ ਉਥੇ ਇਸ ਦੇ ਨਾਲ ਆਉਂਦੀ ਹਾੜੀ ਲਈ ਕਣਕ ਦੇ ਬੀਜ ਬਾਰੇ ਵੀ ਕਿਸਾਨਾਂ ਨੂੰ ਸਰਕਾਰ ਦੀ ਪਾਲਿਸੀ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਇਸ ਮੀਟਿੰਗ 'ਚ ਡਾ. ਰਣਜੀਤ ਸਿੰਘ ਚੋਹਾਨ ਖੇਤੀਬਾੜੀ ਅਫਸਰ ਰੁੜਕਾ ਕਲਾਂ, ਡਾ ਨਰੇਸ਼ ਕੁਮਾਰ ਗੁਲਾਟੀ, ਡਾ. ਸੁਰਜੀਤ ਸਿੰਘ ਖੇਤੀਬਾੜੀ ਅਫਸਰ ਜਲੰਧਰ ਨੇ ਵੀ ਆਪਣੇ ਵਿਚਾਰ ਰੱਖੇ ਤੇ ਯਕੀਨ ਦਿਵਾਇਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀਆਂ ਸਕੀਮਾਂ ਦੀ ਕਾਰਗੁਜ਼ਾਰੀ ਕਿਸਾਨ ਹਿੱਤ ਵਿਚ ਕਰਦੇ ਹੋਏ ਮਿੱਥੇ ਟੀਚ ਪੂਰੇ ਕੀਤੇ ਜਾਣਗੇ।