ਪੰਜਾਬੀ ਜਾਗਰਣ ਕੇਂਦਰ, ਜਲੰਧਰ : ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਦੇ 31 ਦਸੰਬਰ ਤਕ ਕਰਵਾਏ ਜਾਣ ਵਾਲੇ ਆਮ ਇਜਲਾਸਾਂ 'ਚ ਪਿੰਡ ਵਾਸੀਆਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਸੱਦਾ ਦਿੱਤਾ। ਵੀਰਵਾਰ ਇਥੇ ਬਲਾਕ ਜਲੰਧਰ ਪੱਛਮੀ ਦੇ ਪਿੰਡ ਨਿੱਜਰਾਂ ਤੇ ਗਿੱਲ ਵਿਖੇ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ 'ਚ ਸ਼ਿਰਕਤ ਕਰਦਿਆਂ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡਾਂ ਦੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਨਾਲ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਪਿੰਡ ਵਾਸੀ ਆਪਣੇ ਪਿੰਡਾਂ ਦੇ ਵਿਕਾਸ ਲਈ ਲਏ ਜਾਣ ਵਾਲੇ ਅਹਿਮ ਫੈਸਲਿਆਂ ਦੇ ਭਾਗੀਦਾਰ ਬਣ ਸਕਣ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਵਿੱਚ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਅਨੁਮਾਨ ਦੇ ਨਾਲ-ਨਾਲ ਵਿਕਾਸ ਪੋ੍ਗਰਾਮਾਂ ਦੀ ਕਾਰਜ ਯੋਜਨਾ ਨੂੰ ਪਾਸ ਕੀਤਾ ਜਾਂਦਾ ਹੈ, ਜਿਨ੍ਹਾਂ 'ਚ ਪਿੰਡਾਂ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਸ਼ਿਰਕਤ ਕਰਨੀ ਚਾਹੀਦੀ ਹੈ। ਗ੍ਰਾਮ ਸਭਾਵਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਦੌਰਾਨ ਪਾਸ ਕੀਤੇ ਮਤੇ ਅਤੇ ਨਿਰਧਾਰਿਤ ਕੀਤੇ ਗਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਦੌਰਾਨ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਫਰਜ਼ਾਂ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਪਿੰਡਾਂ ਦੀ ਵਿਕਾਸ ਯੋਜਨਾ ਸਬੰਧੀ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਪੁਖ਼ਤਾ ਕਾਰਜ ਯੋਜਨਾ ਤਿਆਰ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਰੀਤ ਸਿੰਘ ਗਿੱਲ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।