ਸੁਰਿੰਦਰ ਲਾਲੀ, ਮਾਨਸਾ : ਦਿ ਮਾਨਸਾ ਕੇਂਦਰੀ ਸਹਿਕਾਰੀ ਬੈਂਕ ਦੇ ਸਮੂਹ ਕਰਮਚਾਰੀਆਂ ਵੱਲੋਂ ਵੀਰਵਾਰ ਨੂੰ ਦੋ ਘੰਟੇ ਲਈ ਕਲਮ ਛੋੜ ਹੜਤਾਲ ਕੀਤੀ ਗਈ ਜਿਸ ਕਾਰਨ ਜ਼ਿਲ੍ਹੇ ਦੀਆਂ ਸਾਰੀਆਂ ਬ੍ਾਂਚਾਂ ਬੰਦ ਰੱਖੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਛੇਵੇਂ ਪੇਅ ਕਮਿਸ਼ਨ ਨੂੰ ਬੈਂਕ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ ਸਿਰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਨੂੰ ਲੈ ਕੇ ਇਹ ਹੜਤਾਲ ਪੂਰੇ ਪੰਜਾਬ ਵਿਚ ਕੇਂਦਰੀ ਸਹਿਕਾਰੀ ਬੈਂਕ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਨੂੰ ਤੁਰੰਤ ਲਾਗੂ ਕਰਨ ਦੀ ਹਦਾਇਤ ਵੀ ਕਰ ਦਿੱਤੀ ਗਈ ਹੈ ਜਦਕਿ ਦੂਸਰੇ ਮਹਿਕਮੇ ਨੇ ਨਵੇਂ ਪੇਅ ਕਮਿਸ਼ਨ ਅਨੁਸਾਰ ਕਰਮਚਾਰੀਆਂ ਦੀ ਤਨਖ਼ਾਹ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਪਰ ਬੈਂਕ ਦੇ ਉੱਚ ਅਧਿਕਾਰੀਆਂ ਵੱਲੋਂ ਪੇਅ ਕਮਿਸ਼ਨ ਲਾਗੂ ਕਰਨ ਲਈ ਟਾਲਮਟੋਲ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਸਬੰਧੀ ਸਮੁੱਚੇ ਪੰਜਾਬ ਦੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ, ਪਰ ਹਾਲੇ ਤਕ ਪੇਅ ਕਮਿਸ਼ਨ ਲਾਗੂ ਕਰਨ ਲਈ ਕੋਈ ਵੀ ਢੁੱਕਵੀ ਕਰਵਾਈ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਤੋਂ ਜਲਦੀ ਨਵਾਂ ਪੇਅ ਕਮਿਸ਼ਨ ਲਾਗੂ ਕਰਕੇ ਕਰਮਚਾਰੀਆਂ ਨੂੰ ਨਾ ਦਿੱਤਾ ਗਿਆ ਤਾਂ ਇਹ ਹੜਤਾਲ ਅਣਮਿੱਥੇ ਸਮੇ ਲਈ ਜਾਰੀ ਰਹੇਗੀ। ਇਸ ਮੌਕੇ ਕਰਨੈਲ ਸਿੰਘ ਸਿੱਧੂ, ਮੇਵਾ ਰਾਮ, ਹੈਪੀ ਸਿੱਧੂ, ਮੋੋਹਿਤ ਗਰਗ, ਦੀਪਕ ਗਰਗ, ਮਹਿੰਦਰ ਸਿੰਘ, ਗੀਤਾ ਗਾਂਧੀ ਅਤੇ ਬਚਿੱਤਰ ਸਿੰਘ ਆਦਿ ਮੌਜੂਦ ਸਨ।