ਸਟੇਟ ਬਿਊਰੋ, ਚੰਡੀਗਡ਼੍ਹ : ਡਰੱਗਜ਼ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿਚ ਗੈਂਗਸਟਰਾਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਮੰਗਲਵਾਰ ਨੂੰ ਡਰੱਗਜ਼ ਕੇਸ ਵਿਚ ਮੋਹਾਲੀ ਦੀ ਅਦਾਲਤ ਵਿਚ ਪੇਸ਼ ਹੋਏ ਮਜੀਠੀਆ ਨੇ ਅਰਜ਼ੀ ਦਾਇਰ ਕਰਦੇ ਹੋਏ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੁਰਾਣੀ ਬੈਰਕ ਵਿਚ ਸ਼ਿਫਟ ਕਰ ਦਿੱਤਾ ਜਾਵੇ। ਇਸ ਤੋਂ ਬਾਅਦ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 14 ਦਿਨ ਲਈ ਵਧਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਅਪ੍ਰੈਲ ਨੂੰ ਹੋਵੇਗੀ ਅਤੇ ਅਦਾਲਤ ਨੇ ਮਜੀਠੀਆ ਨੂੰ ਨਿੱਜੀ ਤੌਰ ’ਤੇ ਕੋਰਟ ਵਿਚ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਹਨ।
ਉੱਥੇ ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ਦੇ ਖ਼ਿਲਾਫ਼ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵੱਲੋਂ ਡਰੱਗਜ਼ ਮਾਮਲੇ ਵਿਚ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਹੋਈ ਹੈ, ਜਿਸ ਦੀ ਸੁਣਵਾਈ 11 ਅਪ੍ਰੈਲ ਨੂੰ ਹੋਣੀ ਹੈ। ਮਜੀਠੀਆ ਖ਼ਿਲਾਫ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਸੰਬਰ 2021 ਵਿਚ ਚੰਨੀ ਸਰਕਾਰ ਵੱਲੋਂ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਜੀਠੀਆ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਸੀ ਅਤੇ ਮਜੀਠੀਆ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਤੋਂ ਰਾਹਤ ਨਾ ਮਿਲਣ ਪਿੱਛੋਂ ਉਹ ਸੁਪਰੀਮ ਕੋਰਟ ਪਹੁੰਚ ਗਏ। ਸੁਪਰੀਮ ਕੋਰਟ ਨੇ ਚੋਣਾਂ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਮੋਹਾਲੀ ਕੋਰਟ ਵਿਚ ਆਤਮ-ਸਮਰਪਣ ਕਰ ਦਿੱਤਾ ਸੀ। ਉਸਦੇ ਬਾਅਦ ਤੋਂ ਹੀ ਉਹ ਪਟਿਆਲਾ ਜੇਲ੍ਹ ਵਿਚ ਬੰਦ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਗਠਿਤ ਐੱਸਆਈਟੀ ਨੂੰ ਬਦਲ ਦਿੱਤਾ ਗਿਆ ਹੈ।