ਡਿਪਟੀ ਚੀਫ ਰਿਪੋਰਟਰ, ਐੱਸ ਏ ਐੱਸ ਨਗਰ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੋਰਡ ਪ੍ਰੀਖਿਆ ਲਈ ਚਲਾਨ ਜੈਨਰੇਟ ਕਰਨ ਅਤੇ ਫੀਸ ਜਮ੍ਹਾਂ ਕਰਾਉਣ ਦੀਆਂ ਮਿਤੀਆਂ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਗ਼ਰੀਬ ਮਾਪਿਆਂ ਨੂੰ ਬੋਰਡ ਦੀਆਂ ਪ੍ਰੀਖਿਆ ਫੀਸਾਂ ਦੇਣ ਵਿੱਚ ਦਿੱਕਤ ਆ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਵਿੱਚ ਭਾਰੀ ਮੀਂਹਾਂ ਕਾਰਨ ਕਿਰਤੀ ਪਰਿਵਾਰਾਂ ਦਾ ਕੰਮਕਾਜ ਬੰਦ ਰਿਹਾ ਹੈ, ਜਿਸ ਕਾਰਣ ਇਹ ਪਰਿਵਾਰ ਆਰਥਿਕ ਮੰਦਹਾਲੀ ਵਿੱਚ ਗੁਜ਼ਾਰਾ ਕਰ ਰਹੇ ਹਨ। ਇਹ ਪਰਿਵਾਰ ਹੁਣ ਝੋਨੇ ਦੇ ਸੀਜ਼ਨ ਵਿੱਚ ਰੁੱਝੇ ਹੋਏ ਹਨ, ਮਾਲਵੇ ਦੇ ਅਨੇਕਾਂ ਜ਼ਿਲ੍ਹਿਆਂ ਦੇ ਕਿਰਤੀ ਪਰਿਵਾਰ ਰਾਜਸਥਾਨ ਵਿਖੇ ਨਰਮਾ ਚੁਗਣ ਲਈ ਗਏ ਹੋਏ ਹਨ, ਜਿਸ ਕਾਰਨ ਬਹੁਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਬੋਰਡ ਦੀਆਂ ਫੀਸਾਂ ਹਾਲੇ ਤਕ ਨਹੀਂ ਦਿੱਤੀਆਂ ਜਾ ਸਕੀਆਂ ਹਨ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਰਘਬੀਰ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਮਾਪਿਆਂ ਦੀ ਆਰਥਿਕ ਮੰਦਹਾਲੀ ਕਾਰਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆ ਫੀਸਾਂ ਸਬੰਧੀ ਚਲਾਨ ਜੈਨਰੇਟ ਕਰਨ ਅਤੇ ਫੀਸਾਂ ਜਮਾਂ ਕਰਾਉਣ ਦੀ ਆਖਰੀ ਤਰੀਕ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।