ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ :
ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਬੁੱਧਵਾਰ ਨੂੰ 35 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹੁਣ ਤਕ ਜ਼ਿਲ੍ਹੇ 'ਚ 525 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਅੰਦਰ ਪਾਏ ਗਏ 35 ਕੋਰੋਨਾ ਪਾਜ਼ੇਟਿਵ ਵਿਅਕਤੀਆਂ 'ਚੋਂ 14 ਸ੍ਰੀ ਮੁਕਤਸਰ ਸਾਹਿਬ, 3 ਗਿੱਦੜਬਾਹਾ, 6 ਬਾਦਲ, 1 ਦਾਨੇਵਾਲਾ, 1 ਚੋਟੀਆਂ, 1 ਖਿਉਵਾਲੀ, 1 ਕੰਦੂ ਖੇੜਾ, 1 ਫਤੂਹੀਖੇੜਾ, 2 ਮਹਿਰਾਜਵਾਲਾ, 1 ਭੰਗਚੜ੍ਹੀ, 1 ਤਾਮਕੋਟ, 1 ਰਾਣੀਵਾਲਾ, 1 ਬੋਦੀਵਾਲਾ ਅਤੇ 1 ਪਿੰਡ ਬੁਰਜ ਸਿੰਧਵਾਂ ਨਾਲ ਸਬੰਧਿਤ ਹੈ। ਜ਼ਿਲ੍ਹੇ 'ਚੋਂ ਅੱਜ 8 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਪਾਈ ਹੈ। ਜ਼ਿਲ੍ਹੇ 'ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 165 ਹੈ। ਜ਼ਿਲ੍ਹੇ ਭਰ 'ਚੋਂ ਹੁਣ ਤਕ ਕੁਲ 518743 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 493164 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਿਲ੍ਹੇ 'ਚ ਹੁਣ ਤਕ ਕੁਲ 18296 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ 'ਚ ਕਿਸੇ ਵੀ ਸੈਂਪਲ ਦੀ ਰਿਪੋਰਟ ਪੈਡਿੰਗ ਨਹੀਂ ਹੈ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜ੍ਹਤ ਛੁਪਿਆ ਨਾ ਰਹਿ ਸਕੇ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਹਰ ਇਕ ਨੂੰ ਕੋਵਿਡ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ ਤੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ, ਭੀੜ ਵਾਲੀਆਂ ਜਗ੍ਹਾ 'ਤੇ ਨਾ ਜਾਣ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੇਟਾਈਜ਼ ਨਾਲ ਸਾਫ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਤੋਂ ਬਚਾਅ ਰਹਿ ਸਕੇ।