ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ 241 ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਘਰਾਂ ਦੇ ਮਾਲਕਾਨਾ ਹੱਕ ਦਿਤੇ ਜਾ ਰਹੇ ਹਨ। ਇਨ੍ਹਾਂ ਪਿੰਡਾਂ ਵਿਚੋਂ ਤਕਰੀਬਨ 190 ਪਿੰਡਾਂ ਦੇ ਘਰਾਂ ਦੀ ਨਿਸ਼ਾਨਦੇਹੀ ਹੋ ਚੁੱਕੀ ਹੈ ਅਤੇ 64 ਪਿੰਡ ਦੇ ਘਰਾਂ ਦੀ ਡਰੋਨ ਫਲਾਇੰਗ ਰਾਹੀਂ ਨਕਸ਼ਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਬਾਕੀ ਰਹਿੰਦੇ ਘਰਾਂ ਦੀ ਵੀ ਜਲਦੀ ਨਿਸ਼ਾਨਦੇਹੀ ਕਰਵਾ ਲਈ ਜਾਵੇਗੀ।
ਵਿਨੀਤ ਕੁਮਾਰ ਆਈਏਐੱਸ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ, ਪੰਚਾਇਤ ਵਿਭਾਗ ਅਤੇ ਕੇਂਦਰ ਸਰਕਾਰ ਦੀ ਟੀਮ ਵੱਲੋਂ ਹਰ ਪਿੰਡ ਦੀ ਗ੍ਰਾਮ ਸਭਾ ਦਾ ਇਜਲਾਸ ਬੁਲਾ ਕੇ ਮਾਲ ਰਿਕਾਰਡ ਦੀ ਨਿਸ਼ਾਨਦੇਹੀ ਕਰਵਾਉਣ ਉਪਰੰਤ ਡਰੋਨ ਸਰਵੇ ਕਰਵਾਇਆ ਜਾਂਦਾ ਹੈ, ਇਸ ਤੋਂ ਬਾਅਦ ਘਰੋ-ਘਰੀ ਸਰਵੇ ਕਰਵਾਇਆ ਜਾਂਦਾ ਹੈ ਅਤੇ ਨਕਸ਼ਾ ਤਿਆਰ ਕਰਵਾਇਆ ਜਾਂਦਾ ਹੈ, ਇਸ ਤੋਂ ਉਪਰੰਤ 15 ਦਿਨਾਂ ਲਈ ਜਨਤਕ ਤੌਰ 'ਤੇ ਇਤਰਾਜ ਮੰਗੇ ਜਾਂਦੇ ਹਨ। ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਘਰਾਂ ਦੇ ਮਾਲਕਾਂ ਨੂੰ ਸਰਟੀਫਿਕੇਟ ਦੇ ਕੇ ਮਾਲਕਾਨਾ ਹੱਕ ਦੇ ਦਿੱਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਸਬੰਧਿਤ ਅਧਿਕਾਰੀ ਮਾਲਕਾਨਾ ਹੱਕ ਮੁਹੱਈਆ ਕਰਵਾਉਣ ਸਬੰਧੀ ਪਿੰਡਾਂ ਵਿਚ ਵੱਖ-ਵੱਖ ਵੇਰਵੇ ਪ੍ਰਰਾਪਤ ਕਰਨ ਲਈ ਆਉਂਦਾ ਹੈ ਤਾਂ ਅਧਿਕਾਰੀ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਪਿੰਡ ਵਾਸੀਆਂ ਦੀ ਸਹੂਲਤ ਅਤੇ ਉਨ੍ਹਾਂ ਨੂੰ ਆਪਣੇ ਹੀ ਘਰਾਂ ਦੇ ਮਾਲਕਾਨਾ ਹੱਕ ਦੇਣ ਦੀ ਸਰਕਾਰੀ ਸਕੀਮ ਹੈ। ਉਨ੍ਹਾਂ ਦੱਸਿਆ ਕਿ ਦਿੱਤੇ ਗਏ ਸਰਟੀਫਿਕੇਟ ਦੇ ਆਧਾਰ 'ਤੇ ਘਰਾਂ ਦੇ ਮਾਲਕ ਅਪਣੇ ਨਾਂ 'ਤੇ ਰਜਿਸਟਰੀ ਵੀ ਕਰਵਾ ਸਕਦੇ ਹਨ।