ਪ੍ਰਦੀਪ ਭਨੋਟ, ਨਵਾਂਸ਼ਹਿਰ : ਜ਼ਿਲ੍ਹਾ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਿਹਾ ਹੈ। ਇਸ ਦੇ ਚੱਲਦਿਆਂ ਆਮ ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ 'ਤੇ ਭਰੋਸਾ ਵਧਿਆ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਆਮ ਲੋਕਾਂ ਨੂੰ ਐਮਰਜੈਂਸੀ ਸਮੇਤ ਹੋਰ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਬੀਤੇ ਦਿਨੀਂ ਰਾਤ ਵੇਲੇ ਨਸ਼ਾ ਛੁਡਾਊ ਕੇਂਦਰ, ਨਵਾਂਸਹਿਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਸਿਵਲ ਹਸਪਤਾਲ, ਨਵਾਂਸ਼ਹਿਰ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ੍ਹ ਸਮੁੱਚੇ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਖੁਦ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ 'ਚ ਹੋਰ ਸੁਧਾਰ ਲਿਆਉਣ ਲਈ ਸਮੇਂ-ਸਮੇਂ 'ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਰਾਤ ਸਮੇਂ ਚੈਕਿੰਗ ਦਾ ਮੰਤਵ ਜਿੱਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਮਿਆਰ ਨੂੰ ਜਾਂਚਣਾ ਸੀ, ਉੱਥੇ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਦਰੁਸਤ ਕਰਨਾ ਸੀ। ਡਾ. ਢਾਂਡਾ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਨਾਂ੍ਹ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।