ਪੱਤਰ ਪ੍ਰੇਰਕ, ਨਵਾਂਸ਼ਹਿਰ/ਬਲਾਚੌਰ : ਬਲਾਚੌਰ ਦੇ ਰਿਟਰਨਿੰਗ ਅਫਸਰ (ਆਰਓ)-ਕਮ-ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ) ਦੀਪਕ ਰੋਹੇਲਾ ਨੇ ਮੰਗਲਵਾਰ ਨੂੰ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਲਈ ਨੋਟਿਸ ਜਾਰੀ ਕੀਤਾ। ਜਾਰੀ ਨੋਟਿਸ ਵਿਚ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਰੱਤੋਵਾਲ ਵਿਚ 25 ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰ ਕੇ, ਉਨ੍ਹਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾ ਕੇ, ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਸ਼ਿਕਾਇਤਕਰਤਾ ਵੱਲੋਂ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਸਨ ਅਤੇ ਸੋਸ਼ਲ ਮੀਡੀਆ ਗਰੁੱਪਾਂ ’ਤੇ ਵੀ ਅਪਲੋਡ ਕੀਤੀਆਂ ਗਈਆਂ ਸਨ, ਜਿਸ ਵਿਚ 46 ਵਿਅਕਤੀ ਮੀਟਿੰਗ ਵਿਚ ਹਿੱਸਾ ਲੈਂਦੇ ਪਾਏ ਗਏ ਸਨ ਅਤੇ ਕਿਸੇ ਨੇ ਵੀ ਮਾਸਕ ਨਹੀਂ ਪਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਧਾਇਕ ਨੂੰ 24 ਘੰਟਿਆਂ ਵਿਚ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟਿਸ ਦੀ ਕਾਪੀ ਜ਼ਿਲ੍ਹਾ ਚੋਣ ਅਫ਼ਸਰ ਨੂੰ ਵੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 15 ਜਨਵਰੀ ਤਕ ਕਿਸੇ ਵੀ ਤਰ੍ਹਾਂ ਦੀ ਜਨਤਕ ਮੀਟਿੰਗ, ਰੈਲੀ ਜਾਂ ਰੋਡ ਸ਼ੋਅ ਦੀ ਮਨਾਹੀ ਕੀਤੀ ਹੋਈ ਹੈ।