ਆਰ ਸਿੰਘ, ਪਠਾਨਕੋਟ : ਡਿਸਟ੍ਰਿਕ ਪਠਾਨਕੋਟ ਪ੍ਰੈੱਸ ਕਲੱਬ ਰਜਿ. ਵੱਲੋਂ ਪ੍ਰਧਾਨ ਐੱਨਪੀ ਧਵਨ ਦੀ ਪ੍ਰਧਾਨਗੀ ਹੇਠ ਸੈਲੀ ਰੋਡ ਪਠਾਨਕੋਟ ਸਥਿਤ ਆਡੀਟੋਰੀਅਮ ਵਿਖੇ ‘ਮੀਡੀਆ ਦੀ ਜ਼ਿੰਮੇਵਾਰੀ ਤੇ ਗਲਤ ਰੁਝਾਨ’ ਵਿਸ਼ੇ ਉਪਰ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪੰਨਾ ਲਾਲ ਭਾਟੀਆ ਮੇਅਰ ਨਗਰ ਨਿਗਮ ਪਠਾਨਕੋਟ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਠਾਕੁਰ ਮਨੋਹਰ ਸਲਾਰੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰੋਹਿਤ ਸਿਆਲ ਵਿਸ਼ੇਸ਼ ਮਹਿਮਾਨ ਵੱਜੋਂ ਹਾਜ਼ਰ ਹੋਏ।
ਇਸ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਦੇ ਰੁੂਪ ਵਜੋਂ ਜਤਿੰਦਰ ਪੰਨੂ ਸੀਨੀਅਰ ਪੱਤਰਕਾਰ ਤੇ ਰਾਜਨੀਤਿਕ ਵਿਸ਼ਲੇਸ਼ਕ, ਜੈ ਸਿੰਘ ਛਿੱਬਰ ਪ੍ਰਧਾਨ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ, ਬਲਵਿੰਦਰ ਜੰਮੂ ਸਕੱਤਰ ਜਨਰਲ ਇੰਡੀਅਨ ਜਰਨਲਿਸਟ ਯੂਨੀਅਨ, ਬਲਬੀਰ ਸਿੰਘ ਜੰਡੂ ਪ੍ਰਧਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਰਾਜਨ ਮਾਨ ਮੀਤ ਪ੍ਰਧਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਆਦਿ ਆਗੂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਕਲੱਬ ਵੱਲੋਂ ਜ਼ਿਲ੍ਹੇ ਵਿੱਚ ਪ੍ਰੈੱਸ ਦੀ ਇਮਾਰਤ ਬਣਾਉਣ ਸਮੇਤ ਹੋਰ ਮੰਗਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮੰਗ-ਪੱਤਰ ਸੌਂਪਿਆ ਗਿਆ।
ਇਸ ਮੌਕੇ ਸਿਆਸੀ ਵਿਸ਼ਲੇਸ਼ਕ ਅਤੇ ਪੱਤਰਕਾਰ ਜਤਿੰਦਰ ਪੰਨੂ ਨੇ ਮੀਡੀਆ ਕਰਮੀਆਂ ਨੂੰ ਆਪਣਾ ਚਰਿੱਤਰ ਦਰੁਸਤ ਰੱਖਣ ’ਤੇ ਜ਼ੋਰ ਦਿੱਤਾ ਅਤੇ ਦੇਸ਼ ਵਿੱਚ ਮੀਡੀਆ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ। ਇਸ ਨੂੰ ਬਦਲਣ ਲਈ, ਉਸਨੇ ਮਿਆਰੀ ਪੱਤਰਕਾਰੀ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੀ ਰਾਜਾ ਉਨ੍ਹਾਂ ਦੇ ਵਿਰੋਧ ਨੂੰ ਸੁਣਨਾ ਨਹੀਂ ਚਾਹੁੰਦਾ, ਇਸ ਲਈ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅੱਜ ਮੀਡੀਆ ਬਾਰੇ ਸਮਾਜ ਵਿੱਚ ਗਲਤ ਧਾਰਨਾਵਾਂ ਪੈਦਾ ਹੋ ਗਈਆਂ ਹਨ, ਜਿਸ ਨੂੰ ਬਦਲਣ ’ਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੱਤਰਕਾਰੀ ਦੇ ਮਿਆਰ ਨੂੰ ਉੱਚਾ ਰੱਖਣ ਲਈ ਹਮੇਸ਼ਾ ਸੱਚ ਲਿਖਣਾ ਸਿੱਖਣਾ ਚਾਹੀਦਾ ਹੈ। ਨੌਜਵਾਨਾਂ ਨੂੰ ਆਧੁਨਿਕ ਪੱਤਰਕਾਰੀ ਦੀ ਪੜ੍ਹਾਈ ਕਰਨ ’ਤੇ ਜ਼ੋਰ ਦਿੰਦਿਆਂ ਪੰਨੂ ਨੇ ਕਿਹਾ ਕਿ ਤਕਨਾਲੋਜੀ ਦੇ ਨਾਲ-ਨਾਲ ਭਾਸ਼ਾ ’ਤੇ ਪਕੜ ਵੀ ਕਮਜ਼ੋਰ ਹੋ ਰਹੀ ਹੈ, ਇਸ ਲਈ ਆਧੁਨਿਕ ਸਮੇਂ ਦੇ ਪੱਤਰਕਾਰਾਂ ਨੂੰ ਵੱਧ ਤੋਂ ਵੱਧ ਅਧਿਐਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਤੱਥਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੇਸ਼ ਵਿੱਚ ਮੀਡੀਆ ਕਰਮੀਆਂ ’ਤੇ ਹੋ ਰਹੇ ਹਮਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੁਨੀਆ ਵਿੱਚ ਹਰ ਸਾਲ 15 ਪੱਤਰਕਾਰ ਮਾਰੇ ਜਾ ਰਹੇ ਹਨ, ਹਰ ਦੋ ਸਾਲਾਂ ਵਿੱਚ ਦੇਸ਼ ਵਿੱਚ ਕੋਈ ਨਾ ਕੋਈ ਪੱਤਰਕਾਰ ਮੌਤ ਦਾ ਸ਼ਿਕਾਰ ਹੋ ਰਿਹਾ ਹੈ। ਨਰੋਏ ਸਮਾਜ ਲਈ ਮੀਡੀਆ ਕਰਮੀਆਂ ਦੇ ਸੱਚੇ ਹੋਣ ’ਤੇ ਵੀ ਜ਼ੋਰ ਦਿੱਤਾ ਗਿਆ। ਇੰਡੀਅਨ ਜਰਨਲਿਸਟ ਯੂਨੀਅਨ ਦੇ ਜਨਰਲ ਸਕੱਤਰ ਬਲਵਿੰਦਰ ਜੰਮੂ ਨੇ ਕਿਹਾ ਕਿ ਦੇਸ਼ ਵਿੱਚ ਪੱਤਰਕਾਰੀ ਦਾ ਇਤਿਹਾਸ ਪੁਰਾਣਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰੀ ਹਮੇਸ਼ਾ ਹੀ ਗ਼ਰੀਬ, ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਰਹੀ ਹੈ, ਪਰ ਮੌਜੂਦਾ ਸਮੇਂ ਵਿੱਚ ਇਸ ਵਿੱਚ ਬਹੁਤ ਫਰਕ ਆ ਗਿਆ ਹੈ, ਇਸ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੁੰਦਾ ਹੈ, ਉਸ ਦੇ ਮਾਧਿਅਮ ਵੱਖਰੇ ਹੁੰਦੇ ਹਨ। ਕੇਂਦਰ ਸਰਕਾਰ ਵੱਲੋਂ ਇਸ ’ਤੇ ਸੈਂਸਰਸ਼ਿਪ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਯੂਨੀਅਨ ਨੇ ਵਿਰੋਧ ਕੀਤਾ ਹੈ।
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਨੇ ਕਿਹਾ ਕਿ ਮੀਡੀਆ ਕਰਮੀਆਂ ਦੇ ਵੀ ਪਰਿਵਾਰ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਲੋੜਾਂ ਵੀ ਹੁੰਦੀਆਂ ਹਨ, ਬਸ਼ਰਤੇ ਉਨ੍ਹਾਂ ਲੋੜਾਂ ਦੀ ਪੂਰਤੀ ਲਈ ਗਲਤ ਰਸਤੇ ਤੋਂ ਬਚਿਆ ਜਾਵੇ।
ਯੂਨੀਅਨ ਦੇ ਮੀਤ ਪ੍ਰਧਾਨ ਰਾਜਨ ਮਾਨ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਦੌਰ ਵਿੱਚ ਲੋਕਾਂ ਨੂੰ ਆਪਣਾ ਅਕਸ ਸਾਫ਼ ਰੱਖਣ ਦੀ ਲੋੜ ਹੈ। ਉਨ੍ਹਾਂ ਪੀਲੀ ਪੱਤਰਕਾਰੀ ਨੂੰ ਰੋਕਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਕਿੱਤੇ ਵਿਚ ਕੁਝ ਗਲਤ ਲੋਕਾਂ ਨੇ ਪ੍ਰਵੇਸ਼ ਕਰ ਲਿਆ ਹੈ, ਜਿਸ ਕਾਰਨ ਇਮਾਨਦਾਰ ਲੋਕਾਂ ਨੂੰ ਵੀ ਗਲਤ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ, ਇਸ ਧਾਰਨਾ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।
ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਯੂਨੀਅਨ ਦੀਆਂ ਪ੍ਰਾਪਤੀਆਂ ਤੋਂ ਸਭ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਲਾਗੂ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਟੋਲ ਪਲਾਜ਼ਾ ਸਮੇਤ ਹੋਰ ਮੰਗਾਂ ਮੁੱਖ ਮੰਤਰੀ ਅੱਗੇ ਰੱਖੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਮਰਹੂਮ 5 ਪੱਤਰਕਾਰਾਂ ਸੌਰਵ ਜੋਸ਼ੀ, ਅਰੁਣ ਚਾਵਲਾ, ਰਾਕੇਸ਼ ਸ਼ਰਮਾ, ਪੱਪੀ ਧਾਲੀਵਾਲ ਅਤੇ ਕਰਨ ਸਲਗੋਤਰਾ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਉਪਰੰਤ ਉੱਘੇ ਉਰਦੂ ਪੱਤਰਕਾਰ ਬੀਆਰ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ।
ਸੈਮੀਨਾਰ ਦੇ ਅੰਤ ਵਿਚ ਕਲੱਬ ਵੱਲੋਂ ਆਏ ਮਹਿਮਾਨਾਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਕਲੱਬ ਦੇ ਪ੍ਰਧਾਨ ਐੱਨਪੀ ਧਵਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਵਪਾਰਕ, ਰਾਜਨੀਤਿਕ, ਸਮਾਜਿਕ, ਧਾਰਮਿਕ, ਵਿਦਿਅਕ ਅਦਾਰਿਆਂ ਦੇ ਮੋਹਤਬਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਯੂਨੀਅਨਾਂ ਦੇ ਪੱਤਰਕਾਰ ਵੀ ਹਾਜ਼ਰ ਸਨ।