ਪੱਤਰ ਪੇ੍ਰਰਕ, ਸ੍ਰੀ ਅਨੰਦਪੁਰ ਸਾਹਿਬ : ਕੇਸ਼ਵ ਗੋਇਲ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 049 ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅਧੀਨ ਅੱਜ ਤਿੰਨ ਹੋਰ ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ।
ਉਨ੍ਹਾਂ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਦਾਖ਼ਲ ਕਰਨ ਦੇ ਮੌਕੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਆਉਣ ਵਾਲੇ ਉਮੀਦਵਾਰਾਂ ਲਈ ਕੋਵਿਡ ਦੀਆਂ ਸਾਵਧਾਨੀਆਂ ਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਗਏ ਹਨ। ਅੱਜ ਨੂਤਨ ਕੁਮਾਰ ਪੁੱਤਰ ਰੋਸ਼ਨ ਲਾਲ ਨੇ ਬਹੁਜਨ ਸਮਾਜ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ 049 ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸੇ ਤਰ੍ਹਾਂ ਪੂਨਮ ਰਾਣੀ ਪਤਨੀ ਨੂਤਨ ਕੁਮਾਰ ਨੇ ਬਹੁਜਨ ਸਮਾਜ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ 049 ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਨੇ ਦੱਸਿਆ ਕਿ ਅੱਜ ਹਰਜੋਤ ਸਿੰਘ ਬੈਂਸ ਪੁੱਤਰ ਸੋਹਣ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ 049 ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਹੁਣ ਤਕ ਵਿਧਾਨ ਸਭਾ ਹਲਕਾ 049 ਲਈ ਕੁੱਲ ਕਾਗਜ਼ ਦਾਖ਼ਲ ਕਰਨ ਵਾਲਿਆਂ ਦੀ ਗਿਣਤੀ ਕੁੱਲ ਛੇ ਹੋ ਗਈ ਹੈ। ਇਸ ਤੋਂ ਪਹਿਲਾਂ ਕੰਵਰਪਾਲ ਸਿੰਘ, ਸਸ਼ੀ ਕਾਂਤਾ ਤੇ ਹਰਜੋਤ ਸਿੰਘ ਬੈਂਸ ਵੱਲੋਂ ਪਹਿਲਾਂ ਕਾਗਜ਼ ਦਾਖ਼ਲ ਕੀਤੇ ਜਾ ਚੁੱਕੇ ਹਨ। ਸ੍ਰੀ ਗੋਇਲ ਨੇ ਦੱਸਿਆ ਕਿ 30 ਜਨਵਰੀ ਐਤਵਾਰ ਨੂੰ ਨਾਮਜ਼ਦਗੀ ਪੱਤਰ ਛੁੱਟੀ ਵਾਲਾ ਦਿਨ ਹੋਣ ਕਾਰਨ ਦਾਖ਼ਲ ਨਹੀ ਕੀਤੇ ਜਾ ਸਕਣਗੇ। 31 ਜਨਵਰੀ ਤੇ 01 ਫਰਵਰੀ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ।