ਤੁਸ਼ਾਰ ਸ਼ਰਮਾ, ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਰਨਾਲਾ ਪੁਲਿਸ ਵਲੋਂ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਹਰ ਹੀਲੇ ਬਰਕਰਾਰ ਰੱਖਣ ਲਈ ਜਿੱਥੇ ਗਸ਼ਤ ਵਧਾਈ ਗਈ ਹੈ, ਉੱਥੇ ਹੀ ਧਾਰਮਿਕ ਅਸਥਾਨਾਂ ਤੇ ਬੈਂਕਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਤਹਿਤ ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਬਲਵੰਤ ਸਿੰਘ ਬਿਲੰਗ ਵੱਲੋਂ ਆਪਣੀ ਟੀਮ ਸਮੇਤ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਬੈਂਕਾਂ ਦੀ ਸੁਰੱਖਿਆ ਦੀ ਚੈਕਿੰਗ ਕੀਤੀ ਗਈ।
ਇਸ ਮੌਕੇ ਜਿੱਥੇ ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਬਿਲੰਗ ਵੱਲੋਂ ਜਿੱਥੇ ਬੈਂਕਾਂ ਦੇ ਸੁਰੱਖਿਆ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ਗਈ, ਉੱਥੇ ਹੀ ਐਂਮਰਜੈਂਸੀ ਹਾਲਾਤਾਂ 'ਚ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਇੰਸ. ਬਲਵੰਤ ਸਿੰਘ ਬਿਲੰਗ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹਰ ਸਮੇਂ ਵਚਨਵੱਧ ਹੈ। ਉਨਾਂ੍ਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਆਪਣੇ ਆਲੇ-ਦੁਆਲੇ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਲਵਾਰਿਸ ਚੀਜ਼ ਦਿਖਾਈ ਦਿੰਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਸਮੇਂ ਸਿਰ ਬਚਾਅ ਕੀਤਾ ਜਾ ਸਕੇ। ਇਸ ਮੌਕੇ ਉਨਾਂ੍ਹ ਨਾਲ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।