ਜਸਪਾਲ ਸਿੰਘ ਜੱਸੀ, ਤਰਨਤਾਰਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ 'ਚ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਦਿੱਤੇ ਜਾ ਰਹੇ ਮੰਗ ਪੱਤਰਾਂ ਦੇ ਐਕਸ਼ਨ ਨੂੰ ਲਾਗੂ ਕਰਨ ਲਈ ਮੋਰਚੇ ਦੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਨਛੱਤਰ ਸਿੰਘ ਮੁਗਲ ਚੱਕ ਪਨੂੰਆਂ, ਕਨਵੀਨਰ ਕਿਰਤੀ ਕਿਸਾਨ ਯੂਨੀਅਨ ਦੀ ਪ੍ਰਧਾਨਗੀ ਹੇਠ ਸਥਾਨਕ ਗਾਂਧੀ ਪਾਰਕ ਵਿਖੇ ਹੋਈ। ਇਸ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਨੇ ਫ਼ੈਸਲਾ ਲਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਐੱਮਐੱਸਪੀ ਦੇ ਮੁੱਦੇ 'ਤੇ ਕਿਸਾਨਾਂ ਨੂੰ ਕਮੇਟੀ 'ਚ ਵਾਜਬ ਪ੍ਰਤੀਨਿੱਧਤਾ ਨਹੀਂ ਦਿੱਤੀ ਜਾ ਰਹੀ, ਸਗੋਂ ਤਿੰਨ ਖੇਤੀ ਬਿੱਲਾਂ ਦੀਆਂ ਹਮਾਇਤੀ ਕਿਸਾਨ ਧਿਰਾਂ ਨੂੰ ਇਸ ਕਮੇਟੀ 'ਚ ਸ਼ਾਮਲ ਕੀਤਾ ਗਿਆ ਹੈ।
ਕੇਂਦਰੀ ਖੇਤੀ ਸਕੱਤਰ ਜਿਸ ਨੇ ਕਾਲੇ ਖੇਤੀ ਬਿੱਲਾਂ ਨੂੰ ਲਿਆਂਦਾ ਸੀ ਉਸੇ ਨੂੰ ਹੀ ਮੁੜ ਇਸ ਕਮੇਟੀ ਦਾ ਮੁਖੀ ਬਣਾ ਦਿੱਤਾ ਗਿਆ ਹੈ। ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਹਾਲੇ ਤਕ ਸਜ਼ਾਵਾਂ ਨਹੀਂ ਮਿਲੀਆਂ ਤੇ ਨਾ ਹੀ ਚਾਰ ਨੌਜਵਾਨ ਕਿਸਾਨਾਂ 'ਤੇ ਦਰਜ ਨਜਾਇਜ ਪਰਚੇ ਰੱਦ ਕੀਤੇ ਗਏ ਹਨ, ਜਿਸ ਦੇ ਰੋਸ 'ਚ 26 ਨਵੰਬਰ ਨੂੰ ਰਾਜਧਾਨੀ ਚੰਡੀਗੜ੍ਹ 'ਚ ਵਿਸ਼ਾਲ ਇਕੱਠ ਕੀਤਾ ਗਿਆ ਸੀ। ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਇਕਾਈ ਵੱਲੋਂ 11 ਦਸੰਬਰ ਨੂੰ ਰਈਆ ਵਿਖੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਉਨਾਂ੍ਹ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰਾਂ ਨੂੰ ਦਾਣਾ ਮੰਡੀ ਰਈਆ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਕੁਦਰਤੀ ਆਫ਼ਤਾਂ ਕਾਰਨ ਖਰਾਬ ਹੋਈ ਫ਼ਸਲ ਦਾ ਮੁਆਵਜ਼ਾ, ਬੀਮਾ ਯੋਜਨਾ, ਛੋਟੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਕਿਸਾਨ ਅੰਦੋਲਨ ਦੌਰਾਨ ਦਰਜ ਨਾਜਾਇਜ਼ ਪਰਚੇ ਰੱਦ ਕੀਤੇ ਜਾਣ।
ਇਸ ਮੌਕੇ ਆਗੂਆਂ ਨੇ ਮਜ਼ਦੂਰ ਜਥੇਬੰਦੀਆਂ ਉੱਪਰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਸਾਹਮਣੇ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਦੀ ਸ਼ਖਤ ਸਬਦਾਂ 'ਚ ਨਿਖੇਧੀ ਕੀਤੀ ਗਈ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਵੱਲੋਂ ਸੁਰਜੀਤ ਸਿੰਘ ਕੱਦ ਗਿੱਲ, ਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸਖੀਰਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਗੁਰਸਾਹਿਬ ਸਿੰਘ, ਜਮਹੂਰੀ ਕਿਸਾਨ ਸਭਾ ਵੱਲੋਂ ਮੁਖਤਾਰ ਸਿੰਘ ਮੱਲ੍ਹਾ, ਪੰਜਾਬ ਕਿਸਾਨ ਯੂਨੀਅਨ ਤੋਂ ਬਲਬੀਰ ਸਿੰਘ ਝਾਮਕਾ, ਕੌਮੀ ਕਿਸਾਨ ਯੂਨੀਅਨ ਵੱਲੋਂ ਤਰਸੇਮ ਸਿੰਘ, ਭਾਰਤੀ ਕਿਸਾਨ ਯੂਨੀਅਨ ਤੋਂ ਤਰਲੋਚਨ ਸਿੰਘ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵੱਲੋਂ ਕੁਲਵੰਤ ਸਿੰਘ ਭਲਾਈਪੁਰ, ਕੁਲ ਹਿੰਦ ਕਿਸਾਨ ਸਭਾ ਵੱਲੋਂ ਡਾ. ਇੰਦਰਜੀਤ ਸਿੰਘ ਮਰਹਾਣਾ, ਅਜਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਭੁਪਿੰਦਰ ਸਿੰਘ ਪੰਡੋਰੀ ਤੇ ਅਮੋਲਕ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੀਤ ਸਿੰਘ, ਤਜਿੰਦਰ ਸਿੰਘ, ਜਗਜੀਤ ਸਿੰਘ, ਸਤਨਾਮ ਸਿੰਘ ਡੱਲ, ਗੁਰਚਰਨ ਸਿੰਘ ਸਭਰਾ, ਚਮਕੌਰ ਸਿੰਘ, ਨਿਸ਼ਾਨ ਸਿੰਘ ਭੰਗਾਲਾ, ਸਰਵਣ ਸਿੰਘ, ਸਾਹਿਬ ਸਿੰਘ ਭੰਗਾਲਾ, ਸੁਰਜੀਤ ਸਿੰਘ ਬਰਾੜ ਮੁਗਲ ਚੱਕ ਪਨੂੰਆਂ ਆਦਿ ਹਾਜ਼ਰ ਸਨ।