ਜਸਪਾਲ ਸਿੰਘ ਜੱਸੀ, ਤਰਨਤਾਰਨ
2014 ਬੈਚ ਦੇ ਆਈਏਐੱਸ ਅਧਿਕਾਰੀ ਰਿਸ਼ੀਪਾਲ ਸਿੰਘ ਨੇ ਬੁੱਧਵਾਰ ਨੂੰ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਿਸ਼ੀਪਾਲ ਸਿੰਘ ਦਾ ਪਿਛੋਕੜ ਤਰਨਤਾਰਨ ਸ਼ਹਿਰ ਦਾ ਹੀ ਹੈ। ਆਪਣੇ ਘਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਰਿਸ਼ੀਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਪਹੁੰਚੇ ਅਤੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਨਤਮਸਤਕ ਹੁੰਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਵਾਹਿਗੁਰੂ ਦਾ ਓਟ ਆਸਰਾ ਲਿਆ। ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਨੇ ਡਿਪਟੀ ਕਮਿਸ਼ਨਰ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਚਿੱਤਰ ਭੇਟ ਕੀਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਤਰਨਤਾਰਨ ਦੇ ਐੱਸਡੀਐੱਮ ਰਜਨੀਸ਼ ਅਰੋੜਾ, ਖਡੂਰ ਸਾਹਿਬ ਦੇ ਐੱਸਡੀਐੱਮ ਦੀਪਕ ਭਾਟੀਆ ਅਤੇ ਪੱਟੀ ਦੇ ਐੱਸਡੀਐੱਮ ਅਮਨਪ੍ਰਰੀਤ ਸਿੰਘ ਤੋਂ ਇਲਾਵਾ ਸਹਾਇਕ ਕਮਿਸ਼ਨਰ ਜਨਰਲ ਪੁਨੀਤ ਕੁਮਾਰ ਸ਼ਰਮਾ ਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਉਨਾਂ੍ਹ ਦਾ ਸਵਾਗਤ ਕੀਤਾ। ਜਦਕਿ ਪੰਜਾਬ ਪੁਲਿਸ ਦੀ ਟੁਕੜੀ ਕੋਲੋਂ ਡਿਪਟੀ ਕਮਿਸ਼ਨਰ ਨੇ ਸਲਾਮੀ ਵੀ ਲਈ। ਅਹੁਦਾ ਸੰਭਾਲੇ ਜਾਣ ਦੀ ਪ੍ਰਕਿਰਿਆ ਤੋਂ ਬਾਅਦ ਉਨਾਂ੍ਹ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਉਨਾਂ੍ਹ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨਾਂ੍ਹ ਕਿਹਾ ਕਿ ਤਰਨਤਾਰਨ ਸਰਹੱਦੀ ਜ਼ਿਲ੍ਹਾ ਹੈ, ਇਸ ਲਈ ਬਾਰਡਰ ਸਕਿਊਰਿਟੀ ਫੋਰਸ ਨਾਲ ਬਿਹਤਰ ਤਾਲਮੇਲ ਬਣਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇਗਾ। ਉਨਾਂ੍ਹ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਕੰਮਾਂ ਨੂੰ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇਗਾ।
----------
-ਬਾਕਸ-
-ਸਾਰੀਆਂ ਸਰਕਾਰੀ ਤੇ ਸਾਂਝੀਆਂ ਥਾਵਾਂ 'ਤੇ ਲਗਾਏ ਜਾਣਗੇ ਵੱਧ ਤੋਂ ਵੱਧ ਬੂਟੇ
ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਾਰੀਆਂ ਸਰਕਾਰੀ ਅਤੇ ਸਾਂਝੀਆਂ ਥਾਂਵਾਂ 'ਤੇ ਵੱਧ ਤੋਂ ਵੱਧ ਪੌਦੇ ਲਗਾਉਣਾ ਉਨਾਂ੍ਹ ਦੀ ਵਿਸ਼ੇਸ ਤਰਜੀਹ ਹੋਵੇਗੀ। ਇਸ ਲਈ ਸਮੂਹ ਧਾਰਮਿਕ ਤੇ ਸਮਾਜ ਸੇਵੀ ਸੰੰਸਥਾਵਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਉਨਾਂ੍ਹ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਦੇ ਢਾਂਚੇ ਵਿਚ ਹੋਰ ਸੁਧਾਰ ਲਿਆਉਣ ਲਈ ਸਾਰੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆ ਜਾਣਗੀਆਂ।